ਗੜ੍ਹਦੀਵਾਲਾ 15 ਸਤੰਬਰ (ਚੌਧਰੀ)
: ਲਾਈਨਜ ਇੰਟਰਨੈਸ਼ਨਲ ਵਲੋਂ ਅੱਜ ਹੁਸ਼ਿਆਰਪੁਰ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਇਕ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਿੱਖਿਆ ਦੇ ਖੇਤਰ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਮਾਣਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਮੈਡਮ ਕੋਮਲ ਮਿਤਲ ਆਈ .ਏ .ਐਸ. ਮੁੱਖ ਮਹਿਮਾਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਲਲਿਤਾ ਅਰੋੜਾ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਇਸ ਸਮਾਗਮ ਵਿੱਚ ਸਥਾਨਕ ਕੇ. ਆਰ. ਕੇ. ਡੀ. ਏ. ਵੀ. ਸਕੂਲ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਤਰਸੇਮ ਸਿੰਘ ਦੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਪੁਰਸਕਾਰ ਪ੍ਰਾਪਤ ਕਰਨ ਉਪਰੰਤ ਪ੍ਰਿੰਸੀਪਲ ਤਰਸੇਮ ਸਿੰਘ ਨੇ ਦੱਸਿਆ ਕਿ ਉਹ ਲਾਈਨਜ ਇੰਟਰਨੈਸ਼ਨਲ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਹਨਾਂ ਦੀਆਂ ਸੇਵਾਵਾਂ ਦਾ ਸਨਮਾਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਕਿਸੇ ਵੀ ਅਧਿਆਪਕ ਲਈ ਉਹ ਪਲ ਬਹੁਤ ਮਾਣ ਵਾਲਾ ਹੁੰਦਾ ਹੈ ਜਦੋਂ ਕੋਈ ਸੰਸਥਾ ਉਸ ਵਲੋਂ ਪ੍ਰਦਾਨ ਕੀਤੀਆਂ ਸੇਵਾਵਾਂ ਦਾ ਸਨਮਾਨ ਕਰਦੀ ਹੈ। ਉਹਨਾਂ ਬਾਕੀ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹ ਤਨਦੇਹੀ ਨਾਲ ਵਿਦਿਆਰਥੀਆਂ ਨੂੰ ਪੜ੍ਹਾਉਣਗੇ ਤਾਂ ਇੱਕ ਦਿਨ ਉਹਨਾਂ ਦੀਆਂ ਸੇਵਾਵਾਂ ਦਾ ਸਨਮਾਨ ਜ਼ਰੂਰ ਹੋਵੇਗਾ।
ਪੁਰਸਕਾਰ ਪ੍ਰਾਪਤ ਕਰਨ ਤੇ ਪ੍ਰਿੰਸੀਪਲ ਤਰਸੇਮ ਸਿੰਘ ਨੂੰ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ, ਸਕੂਲ ਪ੍ਰਬੰਧਕ ਕਮੇਟੀ ਮੈਂਬਰ ਦੀਪਕ ਜੈਨ ਅਤੇ ਡਾਕਟਰ ਸੰਜੀਵ ਸ਼ਰਮਾ, ਲੈਕਚਰਾਰ ਦਿਨੇਸ਼ ਠਾਕੁਰ, ਸਟੇਟ ਐਵਾਰਡੀ ਅਮਨਪ੍ਰੀਤ ਸਿੰਘ ਸਹੋਤਾ ਸਮੇਤ ਇਲਾਕੇ ਦੀਆਂ ਉੱਘੀਆਂ ਸਖਸ਼ੀਅਤਾਂ ਨੇ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ।