ਪਿੰਡਾਂ ਤੇ ਸ਼ਹਿਰਾਂ ’ਚ ਚੱਲ ਰਹੇ ਵਿਕਾਸ ਕੰਮਾਂ ਨੂੰ ਤੈਅ ਸਮੇਂ ’ਤੇ ਪੂਰਾ ਕਰਕੇ ਜਲਦ ਭੇਜਿਆ ਜਾਵੇ ਵਰਤੋਂ ਸਰਟੀਫਿਕੇਟ : ਸੰਦੀਪ ਕੁਮਾਰ
–ਵਧੀਕ ਡਿਪਟੀ ਕਮਿਸ਼ਨਰ ਨੇ ਮਾਸਿਕ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ
–ਸਿਹਤ ਵਿਭਾਗ ਨੂੰ ਸੁਚਾਰੂ ਢੰਗ ਨਾਲ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 16 ਮਈ(ਬਿਊਰੋ) : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਂਦੇ ਹੋਏ ਤੈਅ ਸਮੇਂ ’ਤੇ ਕੰਮਾਂ ਨੂੰ ਪੂਰਾ ਕਰਵਾਉਣ ਅਤੇ ਤੁਰੰਤ ਉਸ ਦੇ ਵਰਤੋਂ ਸਰਟੀਫਿਕੇਟ ਭੇਜਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਸਿਕ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਜ਼ਿਲ੍ਹਾ ਮਾਲ ਅਫ਼ਸਰ ਅਮਨਪਾਲ ਸਿੰਘ ਤੇ ਸਿਵਲ ਸਰਜਨ ਡਾ. ਲਖਵੀਰ ਸਿੰਘ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਅਤੇ ਈ.ਓਜ਼ ਨਾਲ ਪਿੰਡਾਂ ਤੇ ਸ਼ਹਿਰਾਂ ਵਿਚ ਕੀਤੇ ਜਾ ਰਹੇ ਵਿਕਾਸ ਕੰਮਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪਹੁੰਚੇ। ਇਸ ਦੌਰਾਨ ਈ.ਓਜ਼ ਅਤੇ ਬੀ.ਡੀ.ਪੀ.ਓਜ਼ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਫੌਗਿੰਗ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਹਦਾਇਤ ਕੀਤੀ ਕਿ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ ਵਿਚ ਸਫ਼ਾਈ ਵਿਵਸਥਾ ਨੂੰ ਹੋਰ ਬੇਹਤਰ ਬਣਾਉਣ ਲਈ ਨਿਰਦੇਸ਼ ਵੀ ਦਿੱਤੇ।
ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਗਰਭਵਤੀ ਮਹਿਲਾਵਾਂ ਦੀ ਡਲਿਵਰੀ ਵੱਧ ਤੋਂ ਵੱਧ ਸਰਕਾਰੀ ਹਸਪਤਾਲਾਂ ਵਿਚ ਕਰਵਾਉਣ ਲਈ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡਲਿਵਰੀ ਦੌਰਾਨ ਬੀ.ਪੀ.ਐਲ. ਪਰਿਵਾਰਾਂ ਨਾਲ ਸਬੰਧਤ ਮਹਿਲਾਵਾਂ ਨੂੰ ਦਿੱਤੀਆਂ ਜਾਣ ਵਾਲੀਆਂ ਵਿੱਤੀ ਸਹਾਇਤਾ ਵੀ ਸੁਚਾਰੂ ਢੰਗ ਨਾਲ ਦਿੱਤੀਆਂ ਜਾਣ। ਉਨ੍ਹਾਂ ਡਰੱਗ ਅਤੇ ਕਾਸਮੈਟਿਕ ਐਕਟ ਤਹਿਤ ਮੈਡੀਕਲ ਸਟੋਰਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬੇਨਿਯਮੀਆਂ ਸਾਹਮਣੇ ਆਉਣ ’ਤੇ ਸਖਤ ਐਕਸ਼ਨ ਲਿਆ ਜਾਵੇ। ਉਨ੍ਹਾਂ ਕਿਹਾ ਕਿ ਟੀ.ਬੀ. ਦੀ ਬੀਮਾਰੀ ਸਬੰਧੀ ਵੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਅਤੇ ਇਸ ਤਰ੍ਹਾਂ ਦੇ ਮਰੀਜ਼ ਸਾਹਮਣੇ ਆਉਣ ’ਤੇ ਉਨ੍ਹਾਂ ਦਾ ਫੌਰੀ ਇਲਾਜ਼ ਕੀਤਾ ਜਾਵੇ। ਇਸ ਦੌਰਾਨ ਸਿਹਤ ਸੇਵਾਵਾਂ ਨੂੰ ਹੋਰ ਦਰੁਸਤ ਕਰਨ ਤੋਂ ਇਲਾਵਾ ਸਮਾਰਟ ਵਿਲੇਜ ਕੰਪੇਨ, ਪੀ.ਜੀ.ਆਰ.ਐਸ., ਸਵੱਛ ਭਾਰਤ ਮਿਸ਼ਨ, ਜਲ ਜੀਵਨ ਮਿਸ਼ਨ, ਕੋਵਿਡ ਬਚਾਅ ਸਬੰਧੀ ਵੈਕਸੀਨੇਸ਼ਨ ਅਤੇ ਹੋਰ ਵਿਭਾਗਾਂ ਦੇ ਕੰਮਾਂ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।








