–ਚੋਣ ਅਮਲ ; ਮਾਸਟਰ ਟਰੇਨਰਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਖੁਦ ਚੋਣ ਅਮਲੇ ਨੂੰ ਦੇ ਰਹੇ ਨੇ ਟਰੇਨਿੰਗਾਂ
ਹੁਸ਼ਿਆਰਪੁਰ, 11 ਦਸੰਬਰ(ਬਿਊਰੋ) : ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ ਅਤੇ ਵੱਖ-ਵੱਖ ਵਿਸ਼ਿਆਂ ’ਤੇ ਚੋਣ ਅਮਲੇ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ। ਇਹ ਟਰੇਨਿੰਗ ਜਿਥੇ ਮਾਸਟਰ ਟਰੇਨਰਾਂ ਵਲੋਂ ਦਿੱਤੀ ਜਾ ਰਹੀ ਹੈ, ਉਥੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਵੀ ਖੁਦ ਟਰੇਨਿੰਗ ਦਾ ਹਿੱਸਾ ਬਣ ਕੇ ਚੋਣ ਅਮਲੇ ਨੂੰ ਚੋਣ ਕਮਿਸ਼ਨ ਦੇ ਹਰ ਪਹਿਲੂ ਤੋਂ ਜਾਣੂ ਕਰਵਾ ਰਹੇ ਹਨ। ਅੱਜ ਡਿਫੇਸਮੈਂਟ ਆਫ਼ ਪਬਲਿਕ ਪ੍ਰਾਪਰਟੀ ਐਕਟ ਸਬੰਧੀ ਦਿੱਤੀ ਗਈ ਟਰੇਨਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ’ਤੇ ਤੁਰੰਤ ਰਾਜਨੀਤਿਕ ਹੋਰਡਿੰਗਜ਼, ਪੋਸਟਰ, ਬੈਨਰ ਅਤੇ ਫਲੈਕਸ ਆਦਿ ਉਤਰਵਾਉਣ ਨੂੰ ਯਕੀਨੀ ਬਣਾਉਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਰਕਾਰੀ ਇਮਾਰਤਾਂ ’ਤੇ ਹੋਈ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਪਾਰਟੀ ਦੀ ਇਸ਼ਤਿਹਾਰਬਾਜ਼ੀ ਨੂੰ ਤੁਰੰਤ ਰਿਮੂਵ ਕਰਵਾਉਣ ਲਈ ਸਬੰਧਤ ਵਿਭਾਗ ਹੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ 24 ਘੰਟੇ ਬਾਅਦ ਜੇਕਰ ਕੋਈ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਬੰਧਤ ਵਿਭਾਗ ਖਿਲਾਫ਼ ਡਿਫੇਸਮੈਂਟ ਆਫ਼ ਪਬਲਿਕ ਪ੍ਰਾਪਰਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸਬੰਧਤ ਵਿਭਾਗ ਆਪਣੀਆਂ ਟੀਮਾਂ ਬਣਾਉਣ, ਤਾਂ ਜੋ ਚੋਣ ਜ਼ਾਬਤਾ ਲਾਗੂ ਹੋਣ ’ਤੇ ਅਜਿਹੇ ਹੋਰਡਿੰਗਜ਼, ਪੋਸਟਰ, ਬੈਨਰ, ਫਲੈਕਸ ਅਤੇ ਹੋਰ ਇਸ਼ਤਿਹਾਰੀ ਮਟੀਰੀਅਲ ਰਿਮੂਵ ਕਰਵਾਇਆ ਜਾ ਸਕੇ।
ਸ੍ਰੀਮਤੀ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇੇਗੀ ਅਤੇ ਜ਼ਾਬਤੇ ਦੀ ਉਲੰਘਣਾ ਕਰਨ ’ਤੇ ਨਿਯਮਾਂ ਮੁਤਾਬਕ ਸਖਤ ਕਾਨੂੰਨੀ ਕਾਰਵਾਈ ਵਿੱਢੀ ਜਾਵੇਗੀ। ਟਰੇਨਿੰਗ ਦੌਰਾਨ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਜ਼ਾਬਤਾ ਲਾਗੂ ਹੋਣ ’ਤੇ ਪ੍ਰਾਈਵੇਟ ਘਰਾਂ ਵਿਚ ਵੀ ਘਰ ਦੇ ਮਾਲਕ ਦੀ ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਕੋਈ ਸਿਆਸੀ ਹੋਰਡਿੰਗਜ਼, ਪੋਸਟਰ, ਬੈਨਰ ਅਤੇ ਫਲੈਕਸ ਆਦਿ ਨਹੀਂ ਲਗਾਏ ਜਾ ਸਕਦੇ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ’ਤੇ ਚੱਲ ਰਹੀਆਂ ਵੱਖ-ਵੱਖ ਸਕੀਮਾਂ ਤੋਂ ਇਲਾਵਾ ਕੋਈ ਵੀ ਨਵੀਂ ਸਕੀਮ ਜਾਂ ਪ੍ਰੋਜੈਕਟ ਵੀ ਸ਼ੁਰੂ ਨਹੀਂ ਕੀਤੇ ਜਾ ਸਕਦੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਐਸ.ਡੀ.ਐਮ. ਸ੍ਰੀ ਸ਼ਿਵ ਰਾਜ ਸਿੰਘ ਬੱਲ, ਸ੍ਰੀ ਰਣਦੀਪ ਸਿੰਘ ਹੀਰ, ਸ੍ਰੀ ਅਰਵਿੰਦ ਕੁਮਾਰ ਤੋਂ ਇਲਾਵਾ ਸਿਵਲ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।