ਤਲਵਾੜਾ / ਹੁਸ਼ਿਆਰਪੁਰ 13 ਸਤੰਬਰ (ਚੌਧਰੀ)
ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰ ਦਿੱਤੇ ਨਿਰਦੇਸ਼
: ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਨੇ ਸਰਫੇਸ ਵਾਟਰ ਪ੍ਰੋਜੈਕਟ, ਤਲਵਾੜਾ ਦਾ ਨਿਰੀਖਣ ਕੀਤਾ। ਕਮੇਟੀ ਦੀ ਅਗਵਾਈ ਡਿਪਟੀ ਸਪੀਕਰ ਅਤੇ ਚੇਅਰਮੈਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕੀਤੀ, ਜਿਸ ਵਿੱਚ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ, ਸੁਜਾਨਪੁਰ ਦੇ ਵਿਧਾਇਕ ਨਰੇਸ਼ ਪੁਰੀ, ਲੁਧਿਆਣਾ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਅਧਿਕਾਰੀ ਵੀ ਸ਼ਾਮਲ ਸਨ। ਇਸ ਦੌਰੇ ਦਾ ਮੁੱਖ ਉਦੇਸ਼ ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰਨਾ ਅਤੇ ਭਵਿੱਖ ਦੀਆਂ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ ਕਰਨਾ ਸੀ।
ਅਧਿਐਨ ਦੇ ਬਾਅਦ, ਅਨੁਮਾਨ ਕਮੇਟੀ ਦੇ ਚੇਅਰਮੈਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਇਸ ਸਮੀਖਿਆ ਦੌਰਾਨ, ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਣ ਅਤੇ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨਿਸ਼ਚਿਤ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਜਨਤਾ ਨੂੰ ਇਨ੍ਹਾਂ ਪ੍ਰੋਜੈਕਟਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।
ਕਮੇਟੀ ਨੇ ਆਪਣੇ ਦੌਰੇ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਹੋਰ ਪ੍ਰੋਜੈਕਟਾਂ ‘ਤੇ ਵੀ ਧਿਆਨ ਦਿੱਤਾ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਨਿਯਮਿਤ ਤੌਰ ‘ਤੇ ਪ੍ਰੋਜੈਕਟਾਂ ਦੀ ਸਥਿਤੀ ਬਾਰੇ ਰਿਪੋਰਟ ਪੇਸ਼ ਕਰਨ।
ਇਸ ਮੌਕੇ ‘ਤੇ ਮੌਜੂਦ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅਨੁਮਾਨ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿਚ ਸਾਰੇ ਵਿਕਾਸ ਕਾਰਜ ਕਮੇਟੀ ਦੇ ਨਿਰਦੇਸ਼ਾਂ ਦੇ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਪ੍ਰੋਜੈਕਟਾਂ ਦੀ ਗੁਣਵੱਤਾ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਜਨਤਾ ਦੀ ਭਲਾਈ ਲਈ ਸਾਰੇ ਕਾਰਜ ਜਲਦ ਹੀ ਪੂਰੇ ਕੀਤੇ ਜਾਣਗੇ।
ਇਸ ਮੌਕੇ ‘ਤੇ ਐਸ.ਐਸ.ਪੀ. ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਵਿਧਾਨ ਸਭਾ ਦੇ ਡਿਪਟੀ ਸਕੱਤਰ ਬਲਬੀਰ ਕੌਰ, ਸਹਾਇਕ ਸੂਚਨਾ ਅਧਿਕਾਰੀ ਤਰਸੇਮ ਲਾਲ, ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਅਤੇ ਵੱਖ-ਵੱਖ ਵਿਭਾਗਾਂ ਦੇ ਮੁੱਖ ਅਧਿਕਾਰੀ ਵੀ ਹਾਜ਼ਰ ਸਨ।