ਬਟਾਲਾ, 11 ਮਈ (ਅਵਿਨਾਸ਼ ਸ਼ਰਮਾ )
: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਚੰਡੀਗੜ੍ਹ ਵਿਖੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੀ ਪ੍ਰਧਾਨਗੀ ਹੇਠ ਲੋਕ ਸਭਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ ਤੇ ਮੌਜੂਦਾ ਸਥਿਤੀ ਨੂੰ ਮੁੱਖ ਰੱਖਦਿਆਂ ਵੱਖ-ਵੱਖ ਪਹਿਲੂਆਂ ਤੇ ਵਿਚਾਰ ਵਟਾਂਦਰਾ ਕਰਦਿਆਂ ਅਹੁਦੇਦਾਰਾਂ ਨੂੰ ਹੋਰ ਮਿਹਨਤ ਤੇ ਲਗਨ ਨਾਲ ਕੰਮ ਕਰਨ ਦਾ ਥਾਪੜਾ ਦਿੱਤਾ।
ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਪਾਰਟੀ ਦੇ ਅਹੁਦੇਦਾਰਾਂ ਨੂੰ ਮੌਜੂਦਾ ਹਲਾਤਾਂ ਅਨੁਸਾਰ ਹੋਰ ਤੇਜ਼ੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇੱਕ ਪਾਸੇ ਪੰਜਾਬ ਕੌਮਾਂਤਰੀ ਸਰਹੱਦਾਂ ‘ਤੇ ਦੁਸ਼ਮਣ ਦਾ ਬਹਾਦਰੀ ਨਾਲ ਸਾਹਮਣਾ ਕਰ ਰਿਹਾ ਹੈ ਅਤੇ ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਸੂਬੇ ਨੂੰ ਉਸ ਦੇ ਪਾਣੀਆਂ ਤੋਂ ਵਾਂਝਾ ਕਰਨ ਲਈ ਘਟੀਆ ਖੇਡਾਂ ਖੇਡ ਰਹੀ ਹੈ, ਜਿਸਨੂੰ ਪਾਰਟੀ ਸਹਿਣ ਨਹੀਂ ਕਰੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁਨੀਸ਼ ਸਿਸੋਦੀਆ ਵਲੋਂ ਲੋਕ ਸਭਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਆਪਣੇ-ਆਪਣੇ ਖੇਤਰ ਵਿੱਚ ਪਾਰਟੀ ਨੂੰ ਹੋਰ ਮਜਬੂਤ ਕਰਨ, ਪਾਰਟੀਆਂ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੇ ਮੌਜੂਦਾ ਹਲਾਤਾਂ ਵਿੱਚ ਹੋਰ ਮਿਹਨਤ ਤੇ ਲਗਨ ਨਾਲ ਵਿਚਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਹਿਤ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕਰਗੀ ਰਹੇਗੀ ਤੇ ਵਿਰੋਧੀ ਦੀਆਂ ਚਾਲਾਂ ਤੋਂ ਪੰਜਾਬ ਵਾਸੀਆਂ ਨੂੰ ਜ਼ਮੀਨੀ ਪੱਧਰ ‘ਤੇ ਜਾ ਕੇ ਜਾਗਰੂਕ ਕਰੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਰਾਹੀਂ ਸੂਬੇ ਦੇ ਪਾਣੀਆਂ ਨੂੰ ਖੋਹ ਕੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਦਾ ਅਹਿਦ ਲਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੌਮਾਂਤਰੀ ਸਰਹੱਦ ਅਤੇ ਇੱਥੋਂ ਤੱਕ ਕਿ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।