ਗੜ੍ਹਦੀਵਾਲਾ 4 ਨਵੰਬਰ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਰੈੱਡ ਰਿਬਨ ਕਲੱਬ ਦੇ ਮੈਡਮ ਜਤਿੰਦਰ ਕੌਰ ਵੱਲੋਂ ਵਿਦਿਆਰਥੀਆਂ ਵਿੱਚ ਖ਼ੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਚਾਰਟ ਮੇਕਿੰਗ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਖ਼ੂਨਦਾਨ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਸੁੰਦਰ ਅਤੇ ਪ੍ਰਭਾਵਸ਼ਾਲੀ ਚਾਰਟ ਤਿਆਰ ਕੀਤੇ। ਵਿਦਿਆਰਥੀਆਂ ਨੇ ਆਪਣੇ ਚਾਰਟਾਂ ਰਾਹੀਂ “ਖ਼ੂਨਦਾਨ ਮਹਾਂਦਾਨ”, “ਖ਼ੂਨਦਾਨ ਕਰੋ, ਜ਼ਿੰਦਗੀਆਂ ਬਚਾਓ” ਅਤੇ “ਤੁਹਾਡਾ ਖ਼ੂਨਦਾਨ ਕਿਸੇ ਲਈ ਜੀਵਨਦਾਨ”ਵਰਗੇ ਪ੍ਰੇਰਨਾਦਾਇਕ ਸੰਦੇਸ਼ ਦਿੱਤੇ। ਇਸ ਮੁਕਾਬਲੇ ਵਿੱਚ ਜਸਪਿੰਦਰ ਕੌਰ ਨੇ ਪਹਿਲਾ ਸਥਾਨ, ਗੁਰਨੂਪ ਕੌਰ ਨੇ ਦੂਸਰਾ ਸਥਾਨ , ਖੁਸ਼ੀ ਅਤੇ ਅੰਕਿਤਾ ਦੇਵੀ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖ਼ੂਨਦਾਨ ਇੱਕ ਮਹਾਨ ਸਮਾਜ ਸੇਵਾ ਹੈ। ਯੋਗ ਅਤੇ ਸਿਹਤਮੰਦ ਵਿਅਕਤੀਆਂ ਵੱਲੋਂ ਕੀਤਾ ਗਿਆ ਖ਼ੂਨਦਾਨ ਲੋੜਵੰਦ ਮਰੀਜ਼ਾਂ ਲਈ ਜੀਵਨ ਰੱਖਿਅਕ ਸਾਬਤ ਹੋ ਸਕਦਾ ਹੈ। ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਮਨੁੱਖਤਾ ਦੀ ਸੇਵਾ, ਸਮਾਜਿਕ ਜ਼ਿੰਮੇਵਾਰੀ ਅਤੇ ਦੂਜਿਆਂ ਦੀ ਮਦਦ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਰੈੱਡ ਰਿਬਨ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਭਲਾਈ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਰੈੱਡ ਰਿਬਨ ਕਲੱਬ ਵੱਲੋਂ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਰਚਨਾਤਮਕਤਾ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਸਮਾਜਿਕ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਗਿਆ।







