ਗੜ੍ਹਦੀਵਾਲਾ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਵੱਡੇ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਹ ਮੁਹਿੰਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚਲਾਈ ਗਈ।
ਇਸ ਮੌਕੇ ਕਾਲਜ ਨੇ ਰੋਟਰੀ ਕਲੱਬ ਨਾਲ ਮਿਲ ਕੇ ਪੌਦੇ ਲਗਾਏ। ਰੋਟਰੀ ਕਲੱਬ ਵੱਲੋਂ ਪ੍ਰਧਾਨ ਸਨੇਹ ਜੈਨ, ਉੱਪ ਪ੍ਰਧਾਨ ਨੀਨਾ ਜੈਨ, ਸਾਬਕਾ ਪ੍ਰਧਾਨ ਰਵੀ ਜੈਨ, ਸਾਬਕਾ ਗਵਰਨਰ ਜੀ. ਐੱਸ.ਬਾਵਾ ਨੇ ਵਿਸ਼ੇਸ਼ ਤੌਰ ”ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਾਤਾਵਰਣ ਨੂੰ ਬਚਾਉਣ ਦਾ ਸੰਦੇਸ਼ ਦਿੱਤਾ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਕਾਲਜ ਵੱਲੋਂ ਸਮੇਂ-ਸਮੇਂ ‘ਤੇ ਅਜਿਹੇ ਸਮਾਗਮ ਕਰਵਾਏ ਜਾਂਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਨੇ ਰੋਟਰੀ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕਾਲਜ ਭਵਿੱਖ ਵਿੱਚ ਵੀ ਅਜਿਹੇ ਸਮਾਜਿਕ ਕਾਰਜਾਂ ਵਿੱਚ ਹਿੱਸਾ ਲੈਂਦਾ ਰਹੇਗਾ। ਇਸ ਮੌਕੇ ਵਿਦਿਆਰਥੀਆਂ ਨੇ ਵੀ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਕਾਲਜ ਦੇ ਆਲੇ-ਦੁਆਲੇ ਪੌਦੇ ਲਗਾਏ।