ਹਰਿਆਣਾ / ਹੁਸ਼ਿਆਰਪੁਰ, 17 ਜੁਲਾਈ (ਚੌਧਰੀ)
–ਸਥਾਨਕ ਸਰਕਾਰਾਂ ਮੰਤਰੀ ਨੇ ਮਾਹਿੰਗਰੋਵਾਲ ਤੋਂ ਕੋਟ ਪਟਿਆਲ ਹੁੰਦੇ ਹੋਏ ਹਿਮਾਚਲ ਸਰਹੱਦ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ
–8 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ 26.50 ਕਿਲੋਮੀਟਰ ਲੰਬੀ ਸੜਕ
: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ਤੋਂ ਪਿੰਡ ਮਹਿੰਗਰੋਵਾਲ ਤੋਂ ਕੋਟ ਪਟਿਆਲ ਹੁੰਦੇ ਹੋਏ ਹਿਮਾਚਲ ਸਰਹੱਦ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਭਾਗੋਵਾਲ ਅਤੇ ਕੋਟ ਪਟਿਆਲ ਵਿਚ ਰਸਮੀ ਤੌਰ ‘ਤੇ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪੇਂਡੂ ਅਤੇ ਪੱਛੜੇ ਇਲਾਕਿਆਂ ਵਿਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ‘ਤੇ ਲੱਗਭਗ 8 ਕਰੋੜ 40 ਲੱਖ ਰੁਪਏ ਦੀ ਲਾਗਤ ਆਵੇਗੀ। ਇਹ ਸੜਕ 26.50 ਕਿਲੋਮੀਟਰ ਲੰਬੀ ਹੋਵੇਗੀ ਅਤੇ ਨਿਰਮਾਣ ਕੰਪਨੀ ਨੂੰ ਅਗਲੇ 3 ਸਾਲਾਂ ਲਈ ਇਸ ਦੀ ਦੇਖਭਾਲ ਵੀ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਆਉਣ-ਜਾਣ ਵਿਚ ਆਉਂਦੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਖਾਸ ਕਰਕੇ ਮਾਹਿੰਗਰੋਵਾਲ, ਡੂੰਗੀ ਚੋਈ, ਮਲੋਟ ਅਤੇ ਕੋਟ ਪਟਿਆਲ ਦੇ ਵਸਨੀਕਾਂ ਨੂੰ ਬਿਹਤਰ ਸਹੂਲਤ ਉਪਲਬੱਧ ਹੋਵੇਗੀ।
ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਦੌਰਾਨ ਡੂੰਗੀ ਚੋਈ, ਮਹਿੰਗਰੋਵਾਲ ਅਤੇ ਮਲੋਟ ਵਿਖੇ 3 ਕਾਜ਼ਵੇਅ ਵੀ ਬਣਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਰਸਾਤ ਦੇ ਮੌਸਮ ਦੌਰਾਨ ਵੀ ਕੋਈ ਮੁਸ਼ਕਿਲ ਨਾ ਆਵੇ। ਇਸ ਤੋਂ ਇਲਾਵਾ ਪਟਿਆਲ ਪੁਲ ਦੀ ਰਿਟੇਨਿੰਗ ਵਾਲ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਪੁਲ ਦੀ ਮਜ਼ਬੂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਏਗਾ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਸੜਕ ਨਿਰਮਾਣ ਦਾ ਕੰਮ ਸਮੇਂ ਸਿਰ ਪੂਰਾ ਕੀਤਾ ਜਾਵੇਗਾ ਅਤੇ ਇਸ ਨੂੰ ਜਨਤਾ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਸਥਾਨਕ ਲੋਕਾਂ ਨੂੰ ਨਿਰਮਾਣ ਕਾਰਜ ਵਿਚ ਸਹਿਯੋਗ ਕਰਨ ਦਾ ਸੱਦਾ ਦਿੱਤਾ, ਤਾਂ ਜੋ ਕੰਮ ਦੀ ਗੁਣਵੱਤਾ ਅਤੇ ਸਮੇਂ ਸਿਰ ਪੂਰਾ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕਰੇਗੀ।








