ਗੜ੍ਹਦੀਵਾਲਾ / ਬਹੇੜਾ 12 ਸਤੰਬਰ (ਚੌਧਰੀ)
– ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
– ਵਿਧਾਇਕ ਸ਼ਾਮ ਚੁਰਾਸੀ ਡਾ. ਰਵਜੋਤ ਸਿੰਘ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੁਣੀਆਂ ਸਮੱਸਿਆਵਾਂ
: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਲਈ ਸ਼ੁਰੂ ਕੀਤੀ ਮੁਹਿੰਮ ‘ਆਪ ਦੀ ਸਰਕਾਰ, ਆਪ ਦੀ ਦੁਆਰ’ ਤਹਿਤ ਅੱਜ ਹੁਸ਼ਿਆਰਪੁਰ ਸਬ-ਡਵੀਜ਼ਨ ਦੇ ਕੰਢੀ ਖੇਤਰ ਦੇ ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਵਿਚ ਪਿੰਡ ਬਹੇੜਾ, ਬਾੜੀ ਖੱਡ, ਕੋਰਟ ਅਤੇ ਟੱਪਾ ਦੇ ਪਿੰਡਾਂ ਦੇ ਲੋਕਾਂ ਲਈ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਨੇ ਇਸ ਕੈਂਪ ਦੀ ਸ਼ੁਰੂਆਤ ਕਰਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ |
ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਡੀ.ਐਮ. ਹੁਸ਼ਿਆਰਪੁਰ ਸੰਜੀਵ ਸ਼ਰਮਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਕੈਂਪ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਆਪੋ-ਆਪਣੇ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸ਼ਿਕਾਇਤ ਨਿਵਾਰਨ ਕੈਂਪਾਂ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਲੋਕਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਕੋਲ ਜਾਣ ਦੀ ਲੋੜ ਨਹੀਂ ਹੈ, ਸਗੋਂ ਅਧਿਕਾਰੀ ਹੀ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਕੰਢੀ ਦੇ ਇਨ੍ਹਾਂ ਪਿੰਡਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਇਨ੍ਹਾਂ ਦਾ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕੈਂਪ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ, ਤਾਂ ਜੋ ਥੋੜ੍ਹੇ ਸਮੇਂ ਵਿੱਚ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੰਢੀ ਦਾ ਇਲਾਕਾ ਹੋਣ ਕਾਰਨ ਇੱਥੇ ਬਾਰਸ਼ਾਂ ਦੌਰਾਨ ਕਾਫੀ ਨੁਕਸਾਨ ਹੋਇਆ ਹੈ, ਜਿਸ ਦੇ ਹੱਲ ਲਈ ਪ੍ਰਸ਼ਾਸਨ ਆਪਣੇ ਪੱਧਰ ’ਤੇ ਕੰਮ ਕਰ ਰਿਹਾ ਹੈ। ਜਿੱਥੋਂ ਤੱਕ ਵੱਡੇ ਕੰਮਾਂ ਦਾ ਸਬੰਧ ਹੈ, ਵਿਭਾਗਾਂ ਵੱਲੋਂ ਤਜਵੀਜ਼ਾਂ ਬਣਾ ਕੇ ਸਰਕਾਰ ਨੂੰ ਭੇਜ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਇਨ੍ਹਾਂ ਸਮੱਸਿਆਵਾਂ ਦਾ ਵੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਮਾਲ ਵਿਭਾਗ , ਲੋਕ ਨਿਰਮਾਣ ਵਿਭਾਗ, ਸਿਹਤ ਵਿਭਾਗ, ਰੁਜ਼ਗਾਰ ਵਿਭਾਗ, ਪੰਚਾਇਤ ਵਿਭਾਗ, ਰੋਡਵੇਜ਼, ਪੇਂਡੂ ਵਿਕਾਸ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਖੇਤੀਬਾੜੀ, ਬਿਜਲੀ, ਜੰਗਲਾਤ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਦਰਖਾਸਤ ਪ੍ਰਾਪਤ ਕਰਕੇ ਬਣਦੀ ਕਾਰਵਾਈ ਕੀਤੀ।ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਿਹੜੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੁੰਦਾ, ਉਨ੍ਹਾਂ ਦਾ ਨਿਪਟਾਰਾ ਸਮਾਂਬੱਧ ਕੀਤਾ ਜਾਵੇ। ਇਸ ਸਬੰਧੀ ਸਬੰਧਤ ਐਸ.ਡੀ.ਐਮ ਵੱਲੋਂ ਸ਼ਿਕਾਇਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ , ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਸਰਪੰਚ ਬਾੜੀ ਖੱਡ ਮੀਨਾ ਕੁਮਾਰੀ, ਸਰਪੰਚ ਟੱਪਾ ਨੀਲਮ ਕੁਮਾਰੀ, ਸਰਪੰਚ ਕੋਰਟ ਕਮਲਜੀਤ, ਸਰਪੰਚ ਬਹੇੜਾ ਤਿਲਕ ਰਾਜ, ਸਰਪੰਚ ਕੁਕਾਨੇਟ ਕੇਵਲ ਕ੍ਰਿਸ਼ਨ, ਰਾਕੇਸ਼ ਕੁਮਾਰ ਟੱਪਾ, ਕੈਪਟਨ ਹੁਸ਼ਿਆਰ ਸਿੰਘ, ਪਰਮਜੀਤ ਸਿੰਘ, ਸਰੋਜ ਬਾਲਾ, ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ |