ਪਠਾਨਕੋਟ, 16 ਨਵੰਬਰ(ਅਵਿਨਾਸ਼ ਸ਼ਰਮਾ)
SSP ਮਨਪ੍ਰੀਤ ਸਿੰਘ ਨੇ ਦਿੱਤੀ ਅਹਿਮ ਜਾਣਕਾਰੀ
: ਪਠਾਨਕੋਟ ਵਿੱਚ ਬੀਤੀ ਰਾਤ ਕਰੀਬ 10 ਵਜੇ ਬੰਦੂਕ ਦੀ ਨੋਕ ’ਤੇ ਚਿੱਟੀ XUV ਕਾਰ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਡਾਊਨਟਾਊਨ ਇਲਾਕੇ ਦੀ ਦੱਸੀ ਜਾ ਰਹੀ ਹੈ। ਖੋਹੀ ਗਈ ਕਾਰ ਦਾ ਰਜਿਸਟ੍ਰੇਸ਼ਨ ਨੰਬਰ PB35AA-9902 ਦੱਸਿਆ ਜਾ ਰਿਹਾ ਹੈ।
ਇਸ ਮਾਮਲੇ ਸਬੰਧੀ ਐਸਐਸਪੀ ਪਠਾਨਕੋਟ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਰ ਦੇ ਗੁਰਦਾਸਪੁਰ ਵੱਲ ਜਾਣ ਦੇ ਇਨਪੁੱਟ ਮਿਲੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਰ ਕਠੂਆ (ਜੰਮੂ-ਕਸ਼ਮੀਰ) ਵੱਲ ਨਹੀਂ ਗਈ ਹੈ। ਕਾਰ ਚਾਲਕ ਬਮਿਆਲ ਇਲਾਕੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਘਟਨਾ ਤੋਂ ਬਾਅਦ ਪਠਾਨਕੋਟ ਪੁਲਿਸ ਪੂਰੀ ਤਰ੍ਹਾਂ ਅਲਰਟ ’ਤੇ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਕੋਲ ਇਸ ਘਟਨਾ ਸਬੰਧੀ ਕੁਝ ਅਹਿਮ ਸੁਰਾਗ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਕਾਬੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉੱਧਰ, ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੋਸ਼ਲ ਮੀਡੀਆ ’ਤੇ ਬਿਨਾਂ ਪੁਸ਼ਟੀ ਤੋਂ ਕੋਈ ਵੀ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ, ਤਾਂ ਜੋ ਲੋਕਾਂ ਵਿੱਚ ਬੇਵਜ੍ਹਾ ਡਰ ਅਤੇ ਭੰਬਲਭੂਸੇ ਦਾ ਮਾਹੌਲ ਨਾ ਬਣੇ। ਜੇਕਰ ਕਿਸੇ ਵਿਅਕਤੀ ਨੂੰ ਇਸ ਮਾਮਲੇ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।







