ਗੜ੍ਹਦੀਵਾਲਾ 12 ਸਤੰਬਰ (ਚੌਧਰੀ / ਪ੍ਰਦੀਪ ਕੁਮਾਰ )
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ।ਇਸ ਮੌਕੇ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨ, ਪਹਿਲੇ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮਹੱਤਵ ਅਤੇ ਗੁਰਬਾਣੀ ਦੇ ਮਨੁੱਖਤਾ-ਪੱਖੀ ਸੰਦੇਸ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਨਿਮਰਤਾ, ਪ੍ਰੇਮ, ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਮਾਰਗ ਦਿਖਾਉਂਦੀ ਹੈ। ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦੇ ਸਦੀਵੀ ਗੁਰੂ ਹਨ ਅਤੇ ਇਸ ਵਿੱਚ ਦਰਜ ਬਾਣੀ ਸਮੁੱਚੀ ਮਨੁੱਖਤਾ ਨੂੰ ਆਤਮਿਕ ਅਤੇ ਨੈਤਿਕ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੀ ਹੈ। ਇਸ ਤਰ੍ਹਾਂ ਦੇ ਧਾਰਮਿਕ-ਵਿਦਿਅਕ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਗੁਰਬਾਣੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਿੱਖ ਇਤਿਹਾਸ ਦਾ ਬਹੁਤ ਮਹੱਤਵਪੂਰਨ ਅਧਿਆਇ ਹੈ। ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਦੇ ਸਦੀਵੀ ਅਤੇ ਸਰਬ-ਸਾਂਝੇ ਸੰਦੇਸ਼ ਨਾਲ ਜੋੜਨਾ ਸਮੇਂ ਦੀ ਮਹੱਤਵਪੂਰਨ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਲੈਕਚਰ ਵਿਦਿਆਰਥੀਆਂ ਵਿੱਚ ਧਾਰਮਿਕ ਚੇਤਨਾ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੁੰਦੇ ਹਨ।







