ਗੜ੍ਹਦੀਵਾਲਾ 31 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਧਰਮ ਅਧਿਐਨ ਵਿਭਾਗ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਜੀਵਨ, ਬਾਣੀ, ਸਿੱਖਿਆਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਪਾਏ ਵਡਮੁੱਲੇ ਯੋਗਦਾਨ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਮੈਡਮ ਜਤਿੰਦਰ ਕੌਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਗਿਆ ਕਿ ਗੁਰੂ ਸਾਹਿਬ ਜੀ ਨੇ ਨਿਮਰਤਾ, ਸੇਵਾ, ਸਿਮਰਨ, ਪਰਉਪਕਾਰ ਅਤੇ ਸੱਚੀ-ਸੁੱਚੀ ਕਿਰਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਕਰਵਾਏ ਗਏ ਸਲੋਗਨ ਲਿਖਣ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ, ਨਿਮਰਤਾ, ਸੇਵਾ, ਸਾਂਝੀਵਾਲਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨਾਲ ਸੰਬੰਧਿਤ ਪ੍ਰਭਾਵਸ਼ਾਲੀ ਸਲੋਗਨ ਲਿਖ ਕੇ ਆਪਣੀ ਰਚਨਾਤਮਕ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਇਸ ਮੁਕਾਬਲੇ ਵਿੱਚੋਂ ਮਨਜੋਤ ਕੌਰ, ਗਰਨੂਪ ਕੌਰ ਨੇ (ਪਹਿਲਾ ਸਥਾਨ), ਇੰਦਰਬੀਰ ਕੌਰ, ਜਾਨਵੀ ਨੇ( ਦੂਸਰਾ ਸਥਾਨ), ਤੇਜਵਿੰਦਰ ਕੌਰ, ਖੁਸ਼ੀ ਨੇ (ਤੀਸਰਾ ਸਥਾਨ) ਅਤੇ ਰਿਤਿਕਾ ਦੇਵੀ (ਹੌਸਲਾ ਅਫ਼ਜ਼ਾਈ) ਵਿੱਚ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।







