ਗੜ੍ਹਦੀਵਾਲਾ (ਚੌਧਰੀ )
: ਗੜ੍ਹਦੀਵਾਲਾ ਪੁਲਿਸ ਥਾਣਾ ਵਿੱਚ ਬਤੌਰ ਐਸ.ਐਚ.ਓ. ਸੇਵਾਵਾਂ ਨਿਭਾਅ ਰਹੇ ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੂੰ ਵਿਭਾਗ ਵਲੋਂ ਪਦਉੱਨਤ ਕਰਕੇ ਇੰਸਪੈਕਟਰ ਬਣਾਇਆ ਗਿਆ ਹੈ।
ਇਸ ਮੌਕੇ ਪਰਵਿੰਦਰ ਸਿੰਘ ਧੂਤ ਨੇ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ, ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੇਰਿਤ ਕਰਨਾ ਅਤੇ ਨਸ਼ਾ ਤਸਕਰੀ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨਾ ਅਹਿਮ ਤਰਜੀਹ ਰਹੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਸਾਈਬਰ ਠੱਗੀਆਂ, ਟ੍ਰੈਫਿਕ ਨਿਯਮਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣਾ, ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਪੁਲਿਸ ਨੂੰ ਸੂਚਿਤ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਤੇ ਸੁਰੱਖਿਅਤ ਬਣਾਉਣ ਵਿੱਚ ਸਹਿਯੋਗ ਦੇਣ। ਪੰਜਾਬ ਸਰਕਾਰ ਤੇ ਜਿਲ੍ਹਾ ਪੁਲਿਸ ਕਪਤਾਨ ਸ਼੍ਰੀ ਸੰਦੀਪ ਮਲਿਕ ਅਤੇ ਪੁਲਿਸ ਵਿਭਾਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਵਿਭਾਗ ਵਲੋਂ ਜੋ ਜਿੰਮੇਵਾਰੀ ਮੈਨੂੰ ਸੌਂਪੀ ਗਈ ਹੈ ਇਸਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ।







