ਕਲਾਨੌਰ, 29 ਅਕਤੂਬਰ (ਅਵਿਨਾਸ਼ ਸ਼ਰਮਾ)
ਵਰਕਰਾਂ ’ਤੇ ਹਮਲਿਆਂ ਅਤੇ ਪੁਲਿਸ ਕਾਰਵਾਈ ’ਚ ਢਿੱਲ ਦੇ ਦੋਸ਼ਾਂ ਨੂੰ ਲੈ ਕੇ ਭਖਿਆ ਮਾਹੌਲ, ਐੱਸ.ਪੀ. ਨੇ ਕਿਹਾ—ਮਾਮਲੇ ’ਚ ਪਹਿਲਾਂ ਹੀ ਦਰਜ ਹੈ ਕਰਾਸ ਪਰਚਾ
: ਕਲਾਨੌਰ ਥਾਣੇ ਵਿੱਚ ਅੱਜ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਆਪਣੇ ਸਾਥੀਆਂ ਸਮੇਤ ਇੱਕ ਮਾਮਲੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਪਹੁੰਚੇ। ਇਸ ਦੌਰਾਨ ਡੀ.ਐੱਸ.ਪੀ. ਨਾਲ ਤਿੱਖੀ ਬਹਿਸ ਹੋ ਗਈ, ਜਦਕਿ ਕਾਂਗਰਸੀ ਆਗੂ ਉਦੈਵੀਰ ਰੰਧਾਵਾ ਦੀ ਐੱਸ.ਐੱਚ.ਓ. ਨਾਲ ਵੀ ਤਕਰਾਰ ਹੋਈ। ਘਟਨਾ ਤੋਂ ਬਾਅਦ ਥਾਣੇ ਵਿੱਚ ਇਕੱਠੇ ਹੋਏ ਸੈਂਕੜੇ ਕਾਂਗਰਸੀ ਵਰਕਰਾਂ ਨੇ ਘਿਰਾਓ ਕਰਦਿਆਂ ਨਾਅਰੇਬਾਜ਼ੀ ਕੀਤੀ।
ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਪਿੰਡ ਰਸੂਲਪੁਰ ਵਿੱਚ ਉਨ੍ਹਾਂ ਦੇ ਵਰਕਰਾਂ ’ਤੇ ਦੋ ਵਾਰ ਹਮਲੇ ਹੋ ਚੁੱਕੇ ਹਨ, ਪਰ ਪੁਲਿਸ ਵੱਲੋਂ ਉਚਿਤ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦਾ ਕਹਿਣਾ ਸੀ ਕਿ ਮਾਮਲੇ ਵਿੱਚ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਦੇ ਵਰਕਰਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਇਸੇ ਮੁੱਦੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਅਤੇ ਕਾਂਗਰਸੀ ਆਗੂਆਂ ਵਿਚਾਲੇ ਤਿੱਖੀ ਬਹਿਸ ਹੋਈ।
ਦੂਜੇ ਪਾਸੇ, ਮਾਮਲੇ ਸਬੰਧੀ ਐੱਸ.ਪੀ. ਦੇਵਿੰਦਰ ਚੌਧਰੀ, ਗੁਰਦਾਸਪੁਰ ਨੇ ਸਪੱਸ਼ਟ ਕੀਤਾ ਕਿ ਇਹ ਦੋ ਧਿਰਾਂ ਵਿਚਾਲੇ ਹੋਏ ਝਗੜੇ ਦਾ ਮਾਮਲਾ ਹੈ। ਉਨ੍ਹਾਂ ਅਨੁਸਾਰ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਇਸ ਗੱਲ ਸਬੰਧੀ ਗਲਤਫ਼ਹਿਮੀ ਸੀ ਕਿ ਪੁਲਿਸ ਨੇ ਕਾਰਵਾਈ ਨਹੀਂ ਕੀਤੀ। ਉਨ੍ਹਾਂ ਨੂੰ ਬੈਠ ਕੇ ਦੱਸਿਆ ਗਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਕਰਾਸ ਪਰਚਾ ਦਰਜ ਕੀਤਾ ਜਾ ਚੁੱਕਾ ਹੈ।
ਪੁਲਿਸ ਅਧਿਕਾਰੀਆਂ ਨੇ ਮਾਮਲੇ ਸਬੰਧੀ ਆਪਣਾ ਪੱਖ ਰੱਖਦਿਆਂ ਆਗੂਆਂ ਨੂੰ ਜਾਣੂ ਕਰਵਾਇਆ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਕਾਰਨ ਇਲਾਕੇ ਵਿੱਚ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।







