ਦਸੂਹਾ 4 ਨਵੰਬਰ (ਚੌਧਰੀ)
ਪੰਜਾਬ ਵਿੱਚ ਕਾਨੂੰਨ-ਵਿਵਸਥਾ, ਨਸ਼ਾਖੋਰੀ, ਬੇਰੁਜ਼ਗਾਰੀ ਅਤੇ ਵਿਕਾਸ ਵਰਗੇ ਗੰਭੀਰ ਮੁੱਦਿਆਂ ‘ਤੇ ਆਪ ਸਰਕਾਰ ਪੂਰੀ ਤਰ੍ਹਾਂ ਫੇਲ੍ਹ – ਸੰਜੀਵ ਮਨਹਾਸ
: ਭਾਰਤੀ ਜਨਤਾ ਪਾਰਟੀ ਹੁਸ਼ਿਆਰਪੁਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਨੇ ਕਿਹਾ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਸ਼ਿਆਰਪੁਰ ਦਿਹਾਤੀ ਅਧੀਨ ਆਉਂਦੇ ਸਾਰੇ ਖੇਤਰਾਂ ਵਿੱਚ ਭਾਜਪਾ ਦੀ ਜਥੇਬੰਦਕ ਮਜ਼ਬੂਤੀ ਅਤੇ ਲੋਕ ਆਧਾਰ ਵਧਾਉਣ ਦੇ ਮਕਸਦ ਨਾਲ ਮੀਟਿੰਗਾਂ ਅਤੇ ਜਨ-ਸੰਪਰਕ ਮੁਹਿੰਮ ਨੂੰ ਜਲਦੀ ਤੇਜ਼ ਕੀਤਾ ਜਾਵੇਗਾ।
ਸੰਜੀਵ ਮਨਹਾਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਦੇਸ਼ ਦੇ ਹਰ ਵਰਗ ਦੀ ਭਲਾਈ ਲਈ ਅਨੇਕਾਂ ਇਤਿਹਾਸਕ ਯੋਜਨਾਵਾਂ ਅਤੇ ਲੋਕ-ਹਿਤੂ ਨੀਤੀਆਂ ਲਾਗੂ ਕੀਤੀਆਂ ਹਨ। ਭਾਜਪਾ ਵਰਕਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਨ੍ਹਾਂ ਯੋਜਨਾਵਾਂ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ, ਤਾਂ ਜੋ ਆਮ ਜਨਤਾ ਨੂੰ ਇਨ੍ਹਾਂ ਦਾ ਪੂਰਾ ਲਾਭ ਮਿਲ ਸਕੇ।
ਸੰਜੀਵ ਮਨਹਾਸ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਚੋਣਾਂ ਵੇਲੇ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕਰਨ ਵਾਲੀ ਸਰਕਾਰ ਅੱਜ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਪੰਜਾਬ ਵਿੱਚ ਕਾਨੂੰਨ-ਵਿਵਸਥਾ, ਨਸ਼ਾਖੋਰੀ, ਬੇਰੁਜ਼ਗਾਰੀ ਅਤੇ ਵਿਕਾਸ ਵਰਗੇ ਗੰਭੀਰ ਮੁੱਦਿਆਂ ‘ਤੇ ਸਰਕਾਰ ਦੀ ਨਾਕਾਮਯਾਬੀ ਲਗਾਤਾਰ ਸਾਹਮਣੇ ਆ ਰਹੀ ਹੈ। ਸੂਬੇ ਦੀ ਜਨਤਾ ਹੁਣ ਖੋਖਲੇ ਵਾਅਦਿਆਂ ਅਤੇ ਸਿਆਸੀ ਪ੍ਰਚਾਰ ਤੋਂ ਅੱਕ ਚੁੱਕੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਦਲਾਅ ਦਾ ਮਨ ਬਣਾ ਰਹੀ ਹੈ।
ਸੰਜੀਵ ਮਨਹਾਸ ਨੇ ਕਿਹਾ ਕਿ ਭਾਜਪਾ ਸਿਰਫ ਚੋਣਾਂ ਵੇਲੇ ਸਰਗਰਮ ਰਹਿਣ ਵਾਲੀ ਪਾਰਟੀ ਨਹੀਂ, ਸਗੋਂ ਲਗਾਤਾਰ ਜਨਤਾ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਹੱਲ ਲਈ ਸੰਘਰਸ਼ ਕਰਨ ਵਾਲੀ ਜਥੇਬੰਦੀ ਹੈ। ਹੁਸ਼ਿਆਰਪੁਰ ਦਿਹਾਤੀ ਦੇ ਸਾਰੇ ਬੂਥਾਂ ‘ਤੇ ਜਥੇਬੰਦੀ ਨੂੰ ਮਜ਼ਬੂਤ ਕਰਨ, ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ਅਤੇ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਵਰਕਰਾਂ ਦੀ ਮਿਹਨਤ ਅਤੇ ਜਨਤਾ ਦੇ ਸਮਰਥਨ ਨਾਲ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਟੀਚਾ ਜ਼ਰੂਰ ਪੂਰਾ ਹੋਵੇਗਾ।







