ਰੈੱਡ ਕਰਾਸ ਸੁਸਾਇਟੀ ਨੇ ਬਟਾਲਾ ’ਚ ਲੋੜਵੰਦਾਂ ਨੂੰ ਗਰਮ ਕੰਬਲ ਵੰਡੇ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ
ਬਟਾਲਾ, 4 ਦਸੰਬਰ (ਅਵਿਨਾਸ਼ ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਲੋੜਵੰਦਾਂ ਦੀ ਭਲਾਈ ਦੇ ਕਾਰਜ ਲਗਾਤਾਰ ਜਾਰੀ ਹਨ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਅੱਜ ਦੂਸਰੇ ਦਿਨ ਵੀ ਬਟਾਲਾ ਸ਼ਹਿਰ ਦੇ ਸਲੱਮ ਏਰੀਏ ਵਿੱਚ ਲੋੜਵੰਦ ਪਰਿਵਾਰਾਂ ਨੂੰ ਗਰਮ ਕੰਬਲ ਵੰਡੇ ਗਏ ਅਤੇ ਨਾਲ ਹੀ ਸਿਹਤ ਵਿਭਾਗ ਨਾਲ ਮਿਲ ਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਰਾਜੀਵ ਕੁਮਾਰ ਠਾਕੁਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ, ਐੱਸ.ਐੱਮ.ਓ. ਬਟਾਲਾ ਡਾ. ਲਲਿਤ ਮੋਹਨ, ਡਾ. ਸਾਹਿਲ, ਨਗਰ ਨਿਗਮ ਦੇ ਨੁਮਾਇੰਦੇ ਅਮਨ ਭੱਟੀ ਅਤੇ ਸਮਾਜ ਸੇਵੀ ਅਨੁਰਾਗ ਮਹਿਤਾ ਵੱਲੋਂ ਸਾਂਝੇ ਤੌਰ ’ਤੇ ਅੱਜ ਬਟਾਲਾ ਦੇ ਬੀਕੋ ਕੰਪਲੈਕਸ ਕੋਲ ਝੁੱਗੀਆਂ ਦੇ ਵਾਸੀਆਂ ਨੂੰ 245 ਗਰਮ ਕੰਬਲ ਵੰਡੇ ਗਏ। ਇਸੇ ਦੌਰਾਨ ਡਾ. ਲਲਿਤ ਮੋਹਨ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਬਟਾਲਾ ਦੇ ਡਾਕਟਰਾਂ ਨੇ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਜਿਸ ਵਿੱਚ 100 ਤੋਂ ਵੱਧ ਵਿਅਕਤੀਆਂ ਦਾ ਡਾਕਟਰੀ ਮੁਆਇਨਾ ਕੀਤਾ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ।
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਰਾਜੀਵ ਕੁਮਾਰ ਠਾਕੁਰ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਸਰਦੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਗਰਮ ਕੰਬਲ ਵੰਡੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਦਾ ਠੰਡ ਤੋਂ ਬਚਾਅ ਹੋ ਸਕੇ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਫ਼ਤਹਿਗੜ੍ਹ ਚੂੜੀਆਂ ਬਾਈਪਾਸ ਅਤੇ ਕੁਸ਼ਟ ਆਸਰਮ ਵਿਖੇ ਕੰਬਲ ਵੰਡੇ ਗਏ ਸਨ ਅਤੇ ਅੱਜ ਬੀਕੋ ਕੰਪਲੈਕਸ ਦੇ ਕੋਲ ਸਲੱਮ ਏਰੀਏ ਦੇ ਵਾਸੀਆਂ ਨੂੰ 245 ਕੰਬਲ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਦਾ ਮਕਸਦ ਮਾਨਵਤਾ ਦੀ ਸੇਵਾ ਹੈ ਅਤੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸੇਵਾ ਦੇ ਇਹ ਕਾਰਜ ਲਗਾਤਾਰ ਜਾਰੀ ਹਨ।
ਇਸੇ ਦੌਰਾਨ ਐੱਸ.ਐੱਮ.ਓ. ਬਟਾਲਾ ਡਾ. ਲਲਿਤ ਮੋਹਨ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਹਫ਼ਤਾਵਾਰੀ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਹੈ, ਜਿਸ ਵਿੱਚ 100 ਤੋਂ ਵੱਧ ਵਿਅਕਤੀਆਂ ਦਾ ਮੁਆਇਨਾ ਕੀਤਾ ਗਿਆ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੈਡੀਕਲ ਕੈਂਪਾਂ ਦਾ ਸਲੱਮ ਏਰੀਏ ਦੇ ਵਸਨੀਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ।