ਹੁਸ਼ਿਆਰਪੁਰ, 29 ਅਕਤੂਬਰ (ਪ੍ਰਾਈਮ ਪੰਜਾਬ ਟਾਈਮਜ਼)
: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਨਾਏ ਜਾ ਰਹੇ 350 ਸਾਲਾ ਸ਼ਹੀਦੀ ਦਿਵਸ ਸਮਾਗਮ ਸਬੰਧੀ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਕੇ. ਸੰਗਮਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਸੰਗਮਾ ਨੂੰ ਰਸਮੀ ਸੱਦਾ ਪੱਤਰ ਸੌਂਪਦੇ ਹੋਏ ਉਨ੍ਹਾਂ ਨੂੰ ਇਸ ਇਤਿਹਾਸਕ ਸਮਾਰੋਹ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।
ਡਾ. ਰਵਜੋਤ ਨੇ ਮੁਲਾਕਾਤ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਬਲੀਦਾਨ ਅਤੇ ਮਾਨਵਤਾ ਪ੍ਰਤੀ ਉਨ੍ਹਾਂ ਦੇ ਵਿਲੱਖਣ ਯੋਗਦਾਨ ’ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਇਹ ਆਯੋਜਨ ਕੇਵਲ ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ਅਤੇ ਵਿਸ਼ਵ ਪੱਧਰ ’ਤੇ ਸ਼ਾਂਤੀ ਅਤੇ ਧਾਰਮਿਕ ਸਹਿਣਸ਼ੀਲਤਾ ਦਾ ਸੰਦੇਸ਼ ਦੇਣ ਵਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਇਨ੍ਹਾਂ ਸਮਾਰੋਹਾਂ ਨੂੰ ਇਤਿਹਾਸਕ ਅਤੇ ਯਾਦਗਾਰ ਬਣਾਉਣ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਮੌਕੇ ਡਾ. ਰਵਜੋਤ ਸਿੰਘ ਨੇ ਸ੍ਰੀ ਸੰਗਮਾ ਨੂੰ ਪ੍ਰੋਗਰਾਮ ਦੀ ਵਿਸਥਾਰਤ ਰੂਪ ਰੇਖਾ, ਸੱਭਿਆਚਾਰਕ ਪੇਸ਼ਕਾਰੀਆਂ, ਧਾਰਮਿਕ ਦੀਵਾਨਾਂ ਅਤੇ ਸਮਾਜਿਕ ਸਮਾਗਮਾਂ ਦੀ ਜਾਣਕਾਰੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਤਿਆਗ ਅਤੇ ਮਾਨਵਤਾ ਦੀ ਰੱਖਿਆ ਦਾ ਪ੍ਰਤੀਕ ਹੈ ਅਤੇ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਵਸ ’ਤੇ ਆਯੋਜਿਤ ਪ੍ਰੋਗਰਾਮਾਂ ਵਿਚ ਸਾਰੇ ਧਰਮਾਂ ਅਤੇ ਸੂਬੇ ਦੇ ਲੋਕਾਂ ਨੂੰ ਜੋੜਨ ਦਾ ਯਤਨ ਕੀਤਾ ਜਾਵੇਗਾ।
ਮੁੱਖ ਮੰਤਰੀ ਕੋਨਰਾਡ ਕੇ. ਸੰਗਮਾ ਨੇ ਇਸ ਸੱਦੇ ਨੂੰ ਬੜੇ ਆਦਰ ਨਾਲ ਸਵੀਕਾਰ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਅਧਿਆਤਮਕ ਅਤੇ ਪ੍ਰੇਰਣਾਦਾਇਕ ਆਯੋਜਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਦੇਸ਼ ਦੀ ਏਕਤਾ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਦੇ ਹਨ।
ਡਾ. ਰਵਜੋਤ ਸਿੰਘ ਨੇ ਇਸ ਮੁਲਾਕਾਤ ਨੂੰ ਅਧਿਆਤਮਕ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੇ ਪ੍ਰਤੀਕ ਸੰਵਾਦ ਦੇ ਰੂਪ ਵਿਚ ਦੱਸਿਆ ਅਤੇ ਕਿਹਾ ਕਿ ਇਹ ਪਹਿਲ ਦੇਸ਼ ਦੇ ਵੱਖ-ਵੱਖ ਰਾਜਾਂ ਦਰਮਿਆਨ ਆਪਸੀ ਸਨਮਾਨ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰੇਗਾ।








