ਗੜ੍ਹਦੀਵਾਲਾ 10 ਨਵੰਬਰ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਅੰਗਰੇਜ਼ੀ ਵਿਭਾਗ ਦੇ ਸ਼ੇਕਸਪੀਅਰ ਇੰਗਲਿਸ਼ ਲਿਟਰੇਰੀ ਕਲੱਬ ਵੱਲੋਂ ਆਈ.ਆਈ.ਸੀ. (Institution’s Innovation Council) ਦੇ ਸਹਿਯੋਗ ਨਾਲ ਟ੍ਰਿਬਿਊਨ ਪ੍ਰੈੱਸ ਹਾਊਸ, ਜਲੰਧਰ ਵਿਖੇ ਇੱਕ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੱਤਰਕਾਰੀ ਅਤੇ ਪ੍ਰਿੰਟ ਮੀਡੀਆ ਦੇ ਕੰਮਕਾਜ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਸਿਧਾਂਤਕ ਗਿਆਨ ਦੇ ਨਾਲ-ਨਾਲ ਅਸਲ ਕਾਰਜ-ਪ੍ਰਣਾਲੀ ਨਾਲ ਜਾਣੂ ਕਰਵਾਉਣਾ ਸੀ।
ਇਸ ਦੌਰਾਨ ਵਿਦਿਆਰਥੀਆਂ ਨੇ ਅਖ਼ਬਾਰ ਦੀ ਤਿਆਰੀ, ਖ਼ਬਰਾਂ ਦੀ ਚੋਣ, ਸੰਪਾਦਨ ਅਤੇ ਪ੍ਰਕਾਸ਼ਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰੇ ਨੇ ਵਿਦਿਆਰਥੀਆਂ ਨੂੰ ਮੀਡੀਆ ਦੇ ਖੇਤਰ ਵਿੱਚ ਕੰਮ ਕਰਨ ਦੇ ਢੰਗ-ਤਰੀਕਿਆਂ ਨੂੰ ਨੇੜਿਓਂ ਸਮਝਣ ਅਤੇ ਆਪਣੇ ਗਿਆਨ ਵਿੱਚ ਵਾਧਾ ਕਰਨ ਦਾ ਮੌਕਾ ਪ੍ਰਦਾਨ ਕੀਤਾ।
ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਮੁਖੀ ਮੈਡਮ ਨਰਿੰਦਰ ਕੌਰ ਨੇ ਕਿਹਾ ਕਿ ਅਜਿਹੇ ਉਦਯੋਗਿਕ ਦੌਰੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਹ ਗਤੀਵਿਧੀਆਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਨੁਭਵ ਪ੍ਰਦਾਨ ਕਰਦੀਆਂ ਹਨ ਅਤੇ ਉਨ੍ਹਾਂ ਦੀਆਂ ਪੇਸ਼ੇਵਰ ਯੋਗਤਾਵਾਂ ਨੂੰ ਨਿਖਾਰਨ ਵਿੱਚ ਸਹਾਇਕ ਹੁੰਦੀਆਂ ਹਨ।
ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਗਿਆਨ ਅਤੇ ਹੁਨਰ ਵਿੱਚ ਵਾਧਾ ਕਰਨ ਲਈ ਅਜਿਹੀਆਂ ਸਿੱਖਿਆਦਾਇਕ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਵਿਭਾਗ ਦੇ ਇਸ ਉਪਰਾਲੇ ਨੂੰ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਵਿਹਾਰਕ ਵਿਕਾਸ ਲਈ ਇੱਕ ਸ਼ਲਾਘਾਯੋਗ ਕਦਮ ਦੱਸਿਆ।
ਇਸ ਉਦਯੋਗਿਕ ਦੌਰੇ ਦੌਰਾਨ ਅੰਗਰੇਜ਼ੀ ਵਿਭਾਗ ਤੋਂ ਮੈਡਮ ਪਲਕ ਅਤੇ ਬੀ.ਏ. ਦੇ ਵਿਦਿਆਰਥੀ ਵੀ ਮੌਜੂਦ ਸਨ।







