ਸ਼੍ਰੀ ਹਰਗੋਬਿੰਦਪੁਰ / ਬਟਾਲਾ 26 ਜੁਲਾਈ (ਸ਼ਰਮਾ)
: ਬਟਾਲਾ ਸ਼ਹਿਰ ਤੋਂ ਬਾਅਦ ਅੱਜ ਸ਼੍ਰੀ ਹਰਗੋਬਿੰਦਪੁਰ ‘ਚ ਵੀ ਅਣਪਛਾਤੇ ਲੋਕਾਂ ਨੇ ਸੁਨਿਆਰੇ ਦੀ ਦੁਕਾਨ ‘ਤੇ ਗੋਲੀਆਂ ਚਲਾ ਦਿੱਤੀਆਂ ਹਨ।
ਜਿੱਥੇ ਬੀਤੇ ਕੱਲ੍ਹ ਇੱਕ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀ ਬਟਾਲਾ ਦੇ ਇੱਕ ਸੁਨਿਆਰੇ ਦੀ ਦੁਕਾਨ ‘ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ ਸਨ, ਉੱਥੇ ਹੀ ਅੱਜ ਲਗਾਤਾਰ ਤੀਜੇ ਦਿਨ ਸ੍ਰੀ ਹਰਗੋਬਿੰਦਪੁਰ ਦੇ ਮੇਨ ਬਾਜ਼ਾਰ ਵਿੱਚ ਸਥਿਤ ਇੱਕ ਸੁਨਿਆਰੇ ਦੀ ਦੁਕਾਨ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 11 ਵਜੇ ਦੇ ਕਰੀਬ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਮੇਨ ਬਜ਼ਾਰ ਵਿੱਚ ਸਥਿਤ ਦੇਸਰਾਜ ਸੁਨਿਆਰੇ ਦੀ ਦੁਕਾਨ ‘ਤੇ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜੋ ਦੁਕਾਨ ਦੇ ਬਾਹਰ ਲੱਗੇ ਸ਼ੀਸ਼ੇ ‘ਤੇ ਵੱਜੀਆਂ, ਜਿਸ ਕਾਰਨ ਸ਼ੀਸ਼ਾ ਟੁੱਟ ਗਿਆ। ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਹੋਰ ਜਾਣਕਾਰੀ ਅਨੁਸਾਰ ਦੁਕਾਨ ‘ਤੇ ਲੱਗੇ ਸੀਸੀਟੀਵੀ ਕੈਮਰੇ ‘ਚ ਦੋ ਵਿਅਕਤੀ ਮੋਟਰਸਾਈਕਲ ‘ਤੇ ਮੂੰਹ ਬੰਨ੍ਹੇ ਦਿਖਾਈ ਦੇ ਰਹੇ ਹਨ ਅਤੇ ਦੁਕਾਨ ‘ਤੇ ਦੋ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ |
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇੱਕ ਵਿਅਕਤੀ ਵੱਲੋਂ ਪੈਸਿਆਂ ਦੀ ਮੰਗ ਕਰਨ ਦਾ ਫੋਨ ਆਇਆ ਸੀ, ਜੋ ਕਿ ਪੂਰਾ ਨਹੀਂ ਹੋਇਆ, ਪਰ ਇਸ ਘਟਨਾ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਨੂੰ ਸੂਚਨਾ ਦਿੱਤੀ ਗਈ। ਗੋਲੀਬਾਰੀ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ। ਜ਼ਿਕਰਯੋਗ ਹੈ ਕਿ ਬਟਾਲਾ ਨਾਲ ਸਬੰਧਤ ਵੱਖ-ਵੱਖ ਥਾਵਾਂ ‘ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਲੋਕ ਹਫੜਾ-ਦਫੜੀ ‘ਚ ਨਜ਼ਰ ਆ ਰਹੇ ਹਨ ਅਤੇ ਚਾਰੇ ਪਾਸੇ ਅਜਿਹੀਆਂ ਘਟਨਾਵਾਂ ਵਾਪਰਨ ਕਾਰਨ ਪੁਲਸ ਜ਼ਿਲਾ ਬਟਾਲਾ ‘ਤੇ ਵੀ ਸਵਾਲੀਆ ਨਿਸ਼ਾਨ ਲੱਗ ਰਹੇ ਹਨ। ਦੂਜੇ ਪਾਸੇ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਐਸਐਚਓ ਨਿਰਮਲ ਸਿੰਘ ਨੇ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਦੁਕਾਨ ਮਾਲਕ ਦੇ ਬਿਆਨਾਂ ਦੇ ਆਧਾਰ ’ਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੋਲੀ ਚਲਾਉਣ ਵਾਲੇ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।








