ਬਟਾਲਾ, 2 ਅਗਸਤ (ਅਵਿਨਾਸ਼ ਸ਼ਰਮਾ)
: ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਬੀਤੀ ਰਾਤ ਕਥਿਤ ਤੌਰ ‘ਤੇ ਹੋਏ ਧਮਾਕੇ ਦੀ ਘਟਨਾ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਗੰਭੀਰ ਚਿੰਤਾ ਜ਼ਾਹਿਰ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਘਟਨਾ ਸੂਬੇ ਦੀ ਸੁਰੱਖਿਆ ਵਿਵਸਥਾ ‘ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਚੌਂਕੀ ਵਰਗੀ ਸੁਰੱਖਿਅਤ ਅਤੇ ਸੰਵੇਦਨਸ਼ੀਲ ਥਾਂ ਵੀ ਅਜਿਹੀਆਂ ਘਟਨਾਵਾਂ ਤੋਂ ਮਹਿਫੂਜ਼ ਨਹੀਂ ਰਹੀ, ਤਾਂ ਆਮ ਲੋਕਾਂ ਦੀ ਸੁਰੱਖਿਆ ਬਾਰੇ ਸੁਭਾਵਿਕ ਤੌਰ ‘ਤੇ ਚਿੰਤਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜਦੀ ਨਜ਼ਰ ਆ ਰਹੀ ਹੈ ਅਤੇ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ।
ਹਰਸਿਮਰਨ ਸਿੰਘ ਵਾਲੀਆ ਨੇ ਸਭ ਤੋਂ ਪਹਿਲਾਂ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਦਿਆਂ ਕਿਹਾ ਕਿ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਸਾਹਮਣੇ ਨਹੀਂ ਆਈ, ਜੋ ਰਾਹਤ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ, ਤੇਜ਼ ਅਤੇ ਗਹਿਰਾਈ ਨਾਲ ਜਾਂਚ ਕਰਕੇ ਅਸਲ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ ਅਤੇ ਜੋ ਵੀ ਇਸ ਘਟਨਾ ਲਈ ਜ਼ਿੰਮੇਵਾਰ ਪਾਇਆ ਜਾਵੇ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਉਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਬਟਾਲਾ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸੇ ਤਰ੍ਹਾਂ ਗੋਲੀਬਾਰੀ ਅਤੇ ਕਥਿਤ ਬੰਬ ਧਮਾਕਿਆਂ ਵਰਗੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਤਾਂ ਲੋਕਾਂ ਦਾ ਸੁਰੱਖਿਆ ਪ੍ਰਬੰਧਾਂ ਤੋਂ ਭਰੋਸਾ ਉੱਠ ਸਕਦਾ ਹੈ।
ਹਰਸਿਮਰਨ ਸਿੰਘ ਵਾਲੀਆ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਸਭ ਤੋਂ ਵੱਡੀ ਤਰਜੀਹ ਮੰਨਦੀ ਹੈ। ਜੇਕਰ ਪੰਜਾਬ ਸਰਕਾਰ ਕਾਨੂੰਨ-ਵਿਵਸਥਾ ਨੂੰ ਬਹਾਲ ਕਰਨ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਵਿੱਚ ਨਾਕਾਮ ਰਹਿੰਦੀ ਹੈ, ਤਾਂ ਭਾਰਤੀ ਜਨਤਾ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਆਪਣਾ ਲੋਕਤੰਤਰੀ ਸੰਘਰਸ਼ ਹੋਰ ਤੇਜ਼ ਕਰੇਗੀ।








